American Punjabi News

ਟਰੰਪ ਵੱਲੋਂ ਵਿਚੋਲਗੀ ਦੀ ਪੇਸ਼ਕਸ਼ ਤੋਂ ਸੰਸਦ ’ਚ ਹੰਗਾਮਾ
ਨਵੀਂ ਦਿੱਲੀ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਦਾਅਵੇ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਕਸ਼ਮੀਰ ਮਸਲੇ ਦੇ ਹੱਲ ਲਈ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ, ਨੇ ਸਿਆਸੀ ਸਫ਼ਾਂ ’ਚ ਹਲਚਲ ਮਚਾ ਦਿੱਤੀ ਹੈ। ਅਮਰੀਕੀ ਸਦਰ ਦੇ ਇਸ ਦਾਅਵੇ ਕਰਕੇ ਸਰਕਾਰ ਨੂੰ ਅੱਜ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਦੇ ਰੋਹ ਦਾ ਸਾਹਮਣਾ ਕਰਨਾ ਪਿਆ।
ਵਿਰੋਧੀ ਧਿਰਾਂ ਦੇ ਰੌਲੇ-ਰੱਪੇ ਕਰਕੇ ਰਾਜ ਸਭਾ ਦੀ ਕਾਰਵਾਈ ਮੁਲਤਵੀ ਕਰਨੀ ਪਈ, ਉਥੇ ਲੋਕ ਸਭਾ ਵਿੱਚ ਵਿਰੋਧੀ ਪਾਰਟੀਆਂ ਪ੍ਰਧਾਨ ਮੰਤਰੀ ਵੱਲੋਂ ਬਿਆਨ ਜਾਰੀ ਕੀਤੇ ਜਾਣ ਦੀ ਮੰਗ ਕਰਦਿਆਂ ਸਦਨ ’ਚੋਂ ਵਾਕਆਊਟ ਕਰ ਗਈਆਂ। ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਹਾਲਾਂਕਿ ਸਰਕਾਰ ਵੱਲੋਂ ਸਥਿਤੀ ਸਪਸ਼ਟ ਕਰਦਿਆਂ ਸਾਫ਼ ਕਰ ਦਿੱਤਾ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਬਕਾਇਆ ਮੁੱਦਿਆਂ ਨੂੰ ਦੁਵੱਲੀ ਗੱਲਬਾਤ ਨਾਲ ਹੀ ਹੱਲ ਕੀਤਾ ਜਾਵੇਗਾ ਤੇ ਭਾਰਤ ਨੂੰ

ਤੀਜੀ ਧਿਰ ਦੀ ਵਿਚੋਲਗੀ ਮਨਜ਼ੂਰ ਨਹੀਂ। ਦੱਸਣਾ ਬਣਦਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਲੰਘੇ ਦਿਨ ਵ੍ਹਾਈਟ ਹਾਊਸ ਵਿੱਚ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਦੀ ਹਾਜ਼ਰੀ ’ਚ ਉਪਰੋਕਤ ਦਾਅਵਾ ਕੀਤਾ ਸੀ, ਜਿਸ ਨੂੰ ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਨੇ ਫ਼ੌਰੀ ਰੱਦ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ ਅੱਜ ਜਿਉਂ ਹੀ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਪਾਰਟੀਆਂ ਨੇ ਅਮਰੀਕੀ ਸਦਰ ਦੀਆਂ ਟਿੱਪਣੀਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਪਸ਼ਟੀਕਰਨ ਦੀ ਮੰਗ ਕੀਤੀ। ਰਾਜ ਸਭਾ ਵਿੱਚ ਕਾਂਗਰਸ ਦੇ ਡਿਪਟੀ ਆਗੂ ਆਨੰਦ ਸ਼ਰਮਾ ਨੇ ਕਿਹਾ ਕਿ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਭਾਰਤ ਦਾ ਸਟੈਂਡ ਹਮੇਸ਼ਾਂ ਤੋਂ ਸਪਸ਼ਟ ਰਿਹਾ ਹੈ ਤੇ ਭਾਰਤ ਨੇ ਹਮੇਸ਼ਾ ਇਹ ਗੱਲ ਕਹੀ ਹੈ ਕਿ ਉਸ ਨੂੰ ਦੁਵੱਲੇ ਮੁੱਦਿਆਂ ਖਾਸ ਕਰਕੇ ਕਸ਼ਮੀਰ ਮੁੱਦੇ ’ਤੇ ਕਿਸੇ ਤੀਜੇ ਧਿਰ ਦੀ ਵਿਚੋਲਗੀ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਸੰਸਦੀ ਇਜਲਾਸ ਚੱਲਦਾ ਹੋਣ ਕਰਕੇ ਅਤੇ ਇਸ ਗੱਲ ਨੂੰ ਧਿਆਨ ’ਚ ਰੱਖਦਿਆਂ ਕਿ ਵਿਸ਼ਵ ਦੇ ਸਭ ਤੋਂ ਤਾਕਤਵਾਰ ਮੁਲਕ ਦੇ ਸਦਰ ਨੇ ਕਿਸੇ ਦੂਜੇ ਮੁਲਕ ਦੇ ਪ੍ਰਧਾਨ ਮੰਤਰੀ ਅੱਗੇ ਕੋਈ ਦਾਅਵਾ ਕੀਤਾ ਹੈ, ਲਿਹਾਜ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਦਨ ਵਿੱਚ ਆ ਕੇ ਸਥਿਤੀ ਸਪਸ਼ਟ ਕਰਨ। ਸੀਪੀਆਈ ਦੇ ਡੀ.ਰਾਜਾ ਨੇ ਕਿਹਾ ਕਿ ਉਹ ਜਾਣਨਾ ਚਾਹੁੰਦੇ ਹਨ ਕਿ ਕੀ ਭਾਰਤ ਨੇ ਕਸ਼ਮੀਰ ਮੁੱਦੇ ’ਤੇ ਤੀਜੀ ਧਿਰ ਦੀ ਵਿਚੋਲਗੀ ਸਬੰਧੀ ਆਪਣੇ ਸਟੈਂਡ ’ਚ ਕੋਈ ਬਦਲਾਅ ਕੀਤਾ ਹੈ।
ਇਸ ਦੌਰਾਨ ਸਦਨ ਵਿੱਚ ਮੌਜੂਦ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਸਰਕਾਰ ਵੱਲੋਂ ਸਥਿਤੀ ਸਪਸ਼ਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਆਗੂ ਨੂੰ ਅਜਿਹੀ ਕੋਈ ਬੇਨਤੀ (ਵਿਚੋਲਗੀ ਸਬੰਧੀ) ਨਹੀਂ ਕੀਤੀ। ਉਨ੍ਹਾਂ ਦੁਹਰਾਇਆ ਕਿ ਕਸ਼ਮੀਰ ਦੁਵੱਲਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਬਕਾਇਆ ਮਸਲਿਆਂ ਨੂੰ ਦੁਵੱਲੇ ਸੰਵਾਦ ਨਾਲ ਹੀ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸੇ ਤੀਜੀ ਧਿਰ ਦੀ ਵਿਚੋਲਗੀ ਤੋਂ ਸਾਫ਼ ਨਾਂਹ ਕਰ ਦਿੱਤੀ। ਉਨ੍ਹਾਂ ਕਿਹਾ, ‘ਕੋਈ ਵੀ ਸੰਵਾਦ ਸ਼ੁਰੂ ਕਰਨ ਤੋਂ ਪਹਿਲਾਂ ਪਾਕਿਸਤਾਨ ਨੂੰ ਸਰਹੱਦ ਪਾਰੋਂ ਦਹਿਸ਼ਤਗਰਦਾਂ ਨੂੰ ਸ਼ਹਿ ਦੇਣੀ ਬੰਦ ਕਰਨੀ ਹੋਵੇਗੀ।’ ਵਿਦੇਸ਼ ਮੰਤਰੀ ਨੇ ਕਿਹਾ ਕਿ ਦੋਵਾਂ ਮੁਲਕਾਂ ਵੱਲੋਂ ਸਹੀਬੰਦ ਸ਼ਿਮਲਾ ਤੇ ਲਾਹੌਰ ਸਮਝੌਤੇ ਸਾਰੇ ਮਸਲਿਆਂ ਨੂੰ ਦੁਵੱਲੀ ਗੱਲਬਾਤ ਨਾਲ ਹੱਲ ਕਰਨ ਦਾ ਆਧਾਰ ਹਨ। ਵਿਰੋਧੀ ਪਾਰਟੀਆਂ ਨੇ ਹਾਲਾਂਕਿ ਵਿਦੇਸ਼ ਮੰਤਰੀ ਦੇ ਇਸ ਬਿਆਨ ਨਾਲ ਅਸਹਿਮਤੀ ਜ਼ਾਹਿਰ ਕਰਦਿਆਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਖੁ਼ਦ ਸਦਨ ਵਿੱਚ ਆ ਕੇ ਸਥਿਤੀ ਸਪਸ਼ਟ ਕਰਨ। ਇਸ ਮਗਰੋਂ ਵਿਰੋਧੀ ਪਾਰਟੀਆਂ ਤੇ ਰਾਜ ਸਭਾ ਦੇ ਚੇਅਰਮੈਨ ਐੱਮ.ਵੈਂਕੱਈਆ ਨਾਇਡੂ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ, ਜਿਸ ਕਰਕੇ ਸਦਨ ਦੀ ਕਾਰਵਾਈ ਨੂੰ ਇਕ ਘੰਟੇ ਲਈ ਮੁਲਤਵੀ ਕਰਨਾ ਪਿਆ।
ਲੋਕ ਸਭਾ ਵਿੱਚ ਕਾਂਗਰਸ ਤੇ ਕੁਝ ਹੋਰਨਾਂ ਵਿਰੋਧੀ ਪਾਰਟੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਸਿਫ਼ਰ ਕਾਲ ਦੌਰਾਨ ਕਾਂਗਰਸ ਦੇ ਮਨੀਸ਼ ਤਿਵਾੜੀ ਨੇ ਟਰੰਪ ਦੇ ਬਿਆਨ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਖੁ਼ਦ ਇਸ ਬਾਰੇ ਸਪਸ਼ਟੀਕਰਨ ਦੇਣ। ਤ੍ਰਿਣਮੂਲ ਕਾਂਗਰਸ ਦੀ ਸੌਗਾਤਾ ਰਾਏ ਨੇ ਵੀ ਅਮਰੀਕੀ ਸਦਰ ਦੇ ਦਾਅਵੇ ਨੂੰ ਭਾਰਤੀ ਸਟੈਂਡ ਦੇ ਖ਼ਿਲਾਫ਼ ਦੱਸਿਆ। ਉਨ੍ਹਾਂ ਜੈਸ਼ੰਕਰ ਦੇ ਸਪਸ਼ਟੀਕਰਨ ਨੂੰ ਰੱਦ ਕਰ ਦਿੱਤਾ। ਇਸ ਦੌਰਾਨ ਸ੍ਰੀ ਜੈਸ਼ੰਕਰ ਬਿਆਨ ਦੇਣ ਲਈ ਉੱਠੇ ਤਾਂ ਪੂਰੀ ਵਿਰੋਧੀ ਧਿਰ ਨੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ। ਵਿਰੋਧੀ ਪਾਰਟੀਆਂ ਮਗਰੋਂ ਸਦਨ ’ਚੋਂ ਵਾਕਆਊਟ ਕਰ ਗਈਆਂ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੀਕਰ ਓਮ ਬਿਰਲਾ ਨੂੰ ਬੇਨਤੀ ਕੀਤੀ ਕਿ ਉਹ ਜੈਸ਼ੰਕਰ ਨੂੰ ਰਾਜ ਸਭਾ ਵਿੱਚ ਪੜ੍ਹੇ ਬਿਆਨ ਨੂੰ ਹੇਠਲੇ ਸਦਨ ਵਿੱਚ ਦੁਹਰਾਉਣ ਦੀ ਇਜਾਜ਼ਤ ਦੇਣ ਤਾਂ ਕਿ ਲੋਕਾਂ ਉਨ੍ਹਾਂ ਦੀ ਗੱਲ ਨੂੰ ਸਾਫ ਸੁਣ ਸਕਣ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਮੈਂਬਰ ਮੁਲਕ ਦੀ ਦਿੱਖ ਨੂੰ ਘਟਾਉਣ ਦਾ ਯਤਨ ਕਰ ਰਹੀਆਂ ਹਨ।