American Punjabi News

ਨਸ਼ਿਆਂ ਵਿਰੁੱਧ ਇਕਜੁੱਟ ਹੋਏ ਉੱਤਰੀ ਸੂਬੇ
ਚੰਡੀਗੜ੍ਹ-ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਨਸ਼ੀਲੇ ਪਦਾਰਥਾਂ ਦੇ ਖ਼ਾਤਮੇ ਅਤੇ ਨਸ਼ਿਆਂ ਦੇ ਸੌਦਾਗਰਾਂ ਵਿਰੁਧ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ ਹੈ। ਨਸ਼ੀਲੇ ਪਦਾਰਥਾਂ ਨੂੰ ਕੌਮੀ ਸਮੱਸਿਆ ਐਲਾਨਦਿਆਂ ਸਾਂਝਾ ਵਰਕਿੰਗ ਗਰੁੱਪ ਕਾਇਮ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਵਿੱਚ ਸਬੰਧਤ ਸੂਬਿਆਂ ਦੇ ਸਿਹਤ ਤੇ ਸਮਾਜਿਕ ਨਿਆਂ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਣਗੇ। ਅੱਜ ਇੱਥੇ ਉਤਰੀ ਸੂਬਿਆਂ ਦੀ ਦੂਜੀ ਕਾਨਫਰੰਸ ਵਿੱਚ ਸ਼ਾਮਲ ਸੂਬਿਆਂ ਦੇ ਮੁਖੀਆਂ ਨੇ ਪਾਕਿਸਤਾਨ, ਅਫ਼ਗਾਨਿਸਤਾਨ, ਨਾਇਜੀਰੀਆ ਅਤੇ ਹੋਰ ਮੁਲਕਾਂ ਤੋਂ ਆਉਂਦੇ ਨਸ਼ਿਆਂ ’ਤੇ ਚਿੰਤਾ ਜ਼ਾਹਰ ਕਰਦਿਆਂ ਇਸ ਸਮੱਸਿਆ ਵਿਰੁੱਧ ਡਟਣ ਅਤੇ ਖਿੱਤੇ ਨੂੰ ‘ਨਸ਼ਾ ਮੁਕਤ’ ਬਣਾਉਣ ਦਾ ਸੱਦਾ ਦਿੱਤਾ। ਕਾਨਫਰੰਸ ਦੇ ਅਖੀਰ ਵਿੱਚ ਸਾਂਝਾ ਬਿਆਨ ਜਾਰੀ ਕਰਦਿਆਂ ਪੰਜਾਬ, ਰਾਜਸਥਾਨ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਦਿੱਲੀ, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਦੇ ਉਚ ਅਧਿਕਾਰੀਆਂ ਨੇ ਖਿੱਤੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਖ਼ਤਮ ਲਈ ਜ਼ੋਰਦਾਰ ਕਦਮ ਚੁੱਕਣ ’ਤੇ ਰਜ਼ਾਮੰਦੀ ਜ਼ਾਹਰ ਕਰਦਿਆਂ ਅੰਤਰਰਾਜੀ ਸਰਹੱਦਾਂ ’ਤੇ ਸਾਂਝੀ ਕਾਰਵਾਈ ਚਲਾਉਣ ’ਤੇ ਸਹਿਮਤੀ ਪ੍ਰਗਟਾਈ। ਨਸ਼ਿਆਂ ਨੂੰ ਕੌਮੀ ਸਮੱਸਿਆ ਮੰਨਦਿਆਂ ਇਸ ਨੂੰ ਜੜ੍ਹੋਂ ਪੁੱਟਣ ਲਈ ਸਾਂਝੇ ਤੌਰ ’ਤੇ ਯਤਨ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਸਮੱਸਿਆ ਨਾਲ ਹੋਰ ਕਾਰਗਰ ਢੰਗ ਨਾਲ ਨਜਿੱਠਣ ਲਈ ਸਾਰੇ ਸੂਬਿਆਂ ਵੱਲੋਂ ਕੌਮੀ ਡਰੱਗ ਨੀਤੀ ਲਿਆਉਣ ਵਾਸਤੇ ਭਾਰਤ ਸਰਕਾਰ ’ਤੇ ਸਾਂਝੇ ਤੌਰ ’ਤੇ ਜ਼ੋਰ ਪਾਉਣ ਲਈ ਸਹਿਮਤੀ ਬਣੀ।
ਐੱਨ.ਡੀ.ਪੀ.ਐੱਸ. ਕੇਸਾਂ ਦੀ ਸਹੀ ਪੜਤਾਲ ਕਰਨ ਲਈ ਚੰਡੀਗੜ੍ਹ ਵਿਚ ਰਿਜਨਲ ਟ੍ਰੇਨਿੰਗ ਸੈਂਟਰ ਫਾਰ ਟ੍ਰੇਨਿੰਗ ਆਫ ਇਨਵੈਸਟੀਗੇਟਰਜ਼ ਖੋਲ੍ਹਣ ’ਤੇ ਵਿਚਾਰ ਕਰਨ ਲਈ ਸਹਿਮਤੀ ਜ਼ਾਹਰ ਕੀਤੀ। ਨਵੀਂ ਦਿੱਲੀ ਵਿਚ ਏਮਜ਼ ਸਥਿਤ ਨੈਸ਼ਨਲ ਡਰੱਗ ਡਿਪੈਂਡੈਂਸ ਟਰੀਟਮੈਂਟ ਸੈਂਟਰ ਦੀ ਤਰਜ਼ ’ਤੇ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਰਿਜਨਲ ਡਰੱਗ ਡਿਪੈਂਡੈਂਸ ਟਰੀਟਮੈਂਟ ਸੈਂਟਰ ਦੀ ਸਥਾਪਨਾ ਦਾ ਪ੍ਰਸਤਾਵ ਭਾਰਤ ਸਰਕਾਰ ਕੋਲ ਪੇਸ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਕਾਨਫਰੰਸ ਦਾ ਆਗਾਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ, ਜਿਨ੍ਹਾਂ ਨੇ ਇਸ ਸਮੱਸਿਆ ਨਾਲ ਨਿਪਟਣ ਲਈ ਕੁਝ ਸਖ਼ਤ ਕਦਮ ਚੁੱਕਣ ਦਾ ਸੁਝਾਅ ਦਿੱਤਾ। ਇਸ ਕਾਨਫਰੰਸ ਵਿੱਚ ਆਈ.ਬੀ., ਐੱਨ.ਸੀ.ਬੀ. ਅਤੇ ਹੋਰ ਕੇਂਦਰੀ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਆਈ.ਐੱਸ.ਆਈ. ਵੱਲੋਂ ‘ਨਸ਼ਿਆਂ ਦੇ ਅਤਿਵਾਦ’ ਦੀ ਚੁਣੌਤੀ ਬਾਰੇ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਨਸ਼ਿਆਂ ਦੇ ਵਪਾਰ ਤੋਂ ਆ ਰਿਹਾ ਪੈਸਾ ਪਾਕਿਸਤਾਨ ਵੱਲੋਂ ਭਾਰਤ ਵਿੱਚ ਆਪਣੀਆਂ ਘਿਣਾਉਣੀਆਂ ਅਤੇ ਫੁੱਟ-ਪਾਊ ਕਾਰਵਾਈਆਂ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਈ.ਐੱਸ.ਆਈ. ਵੱਲੋਂ ਕਰਤਾਰਪੁਰ ਲਾਂਘੇ ਵਰਗੇ ਕਦਮਾਂ ਰਾਹੀਂ ਸਿੱਖਾਂ ਦੇ ਜਜ਼ਬਾਤ ਨਾਲ ਖੇਡਿਆ ਜਾ ਰਿਹਾ ਹੈ। ਐੱਸ.ਐੱਫ.ਜੇ. ਵਲੋਂ ਰਾਏਸ਼ੁਮਾਰੀ-2020 ਰਾਹੀਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਸੂਬਿਆਂ ਵਿੱਚ ਮਕੋਕਾ ਵਰਗੇ ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਜਾਇਜ਼ੇ ਦਾ ਸੱਦਾ ਦਿੱਤਾ ਹੈ ਕਿਉਂਕਿ ਇਨ੍ਹਾਂ ਦੀ ਦੁਰਵਰਤੋਂ ਦੀਆਂ ਬਹੁਤ ਸਾਰੀਆਂ ਸੰਭਾਵਨਾਵਾਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਐੱਨ.ਡੀ.ਪੀ.ਐੱਸ. ਐਕਟ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਸਾਂਝੇ ਵਿਆਪਕ ਪ੍ਰੋਗਰਾਮ ਦਾ ਸੱਦਾ ਦਿੱਤਾ। ਉਨ੍ਹਾਂ ਨੇ ਇਸ ਨੂੰ ਸਿਆਸੀ ਦੀ ਥਾਂ ਸਮਾਜਿਕ ਮੁੱਦਾ ਦੱਸਿਆ। ਉਨ੍ਹਾਂ ਨੇ ਡੀਲਰਾਂ ਅਤੇ ਉਨ੍ਹਾਂ ਦੇ ਜੋਟੀਦਾਰਾਂ ਦੇ ਨਾਲ-ਨਾਲ ਭਗੌੜੇ ਅਪਰਾਧੀਆਂ ’ਤੇ ਨਿਗਰਾਨੀ ਰੱਖਣ ਲਈ ਅੰਤਰਰਾਜੀ ਸੈੱਲ ਫੋਨ ਆਧਾਰਿਤ ਡਾਟਾ ਵਰਤਣ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਜਥੇਬੰਦਕ ਅਪਰਾਧਾਂ ਨੂੰ ਰੋਕਣ ਲਈ ਹਕੋਕਾ (ਹਰਿਆਣਾ ਕੰਟਰੋਲ ਆਫ਼ ਆਰਗੇਨਾਈਜ਼ਡ ਕਰਾਇਮ ਐਕਟ) ਬਣਾਉਣ ਲਈ ਸਾਰੇ ਰਾਹ ਪੱਧਰੇ ਕਰ ਲਏ ਹਨ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਪਾਕਿਸਤਾਨ ਨਾਲ ਸਰਹੱਦ ਲੱਗਣ ਕਰਕੇ ਨਸ਼ਿਆਂ ਦੀ ਤਸਕਰੀ ਕਾਰਨ ਉਨ੍ਹਾਂ ਦੇ ਸੂਬੇ ਨੂੰ ਭਾਰੀ ਨੁਕਸਾਨ ਉਠਾਉਣਾ ਪੈ ਰਿਹਾ ਹੈ। ਉਨ੍ਹਾਂ ਕੌਮੀ ਡਰੱਗ ਨੀਤੀ ਬਣਾਏ ਜਾਣ ਦੀ ਹਮਾਇਤ ਕੀਤੀ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਵੀ ਉੱਤਰੀ ਸੂਬਿਆਂ ਦੀਆਂ ਕੋਸ਼ਿਸ਼ਾਂ ਦੀ ਹੋਰ ਮਜ਼ਬੂਤੀ ਲਈ ਨੀਤੀ/ਯੋਜਨਾ ਘੜੇ ਜਾਣ ਦਾ ਸੱਦਾ ਦਿੱਤਾ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰਾ ਸਿੰਘ ਰਾਵਤ ਦਾ ਖਿਆਲ ਸੀ ਕਿ ਨਸ਼ਿਆਂ ਬਾਰੇ ਜਾਗਰੂਕਤਾ ਮੁਹਿੰਮ ਸਕੂਲ ਸਿੱਖਿਆ ਦਾ ਹਿੱਸਾ ਬਣਨੀ ਚਾਹੀਦੀ ਹੈ। ਪੰਜਾਬ ਦੇ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਨੇ ਐੱਨ.ਆਈ.ਏ. ਦੀ ਤਰਜ਼ ’ਤੇ ਸਿਰਫ਼ ਨਸ਼ਿਆਂ ਬਾਰੇ ਹੀ ਵੱਖਰੀ ਕੇਂਦਰੀ ਏਜੰਸੀ ਬਣਾਉਣ ਦੀ ਵਕਾਲਤ ਕੀਤੀ। ਹਿਮਾਚਲ ਪ੍ਰਦੇਸ਼ ਅਗਲੀ ਖੇਤਰੀ ਕਾਨਫਰੰਸ ਦੀ ਮੇਜ਼ਬਾਨੀ ਕਰੇਗਾ, ਜੋ ਅਗਲੇ ਸਾਲ ਦੇ ਸ਼ੁਰੂ ਵਿੱਚ ਸ਼ਿਮਲਾ ਵਿਚ ਹੋਵੇਗੀ।