American Punjabi News

ਕਿਸਾਨ ਅੰਦੋਲਨ: ਅਮਰਿੰਦਰ ਤੇ ਖੱਟਰ ਆਹਮੋ ਸਾਹਮਣੇ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਕਿਸਾਨ ਅੰਦੋਲਨ ਦੇ ਮਸਲੇ ’ਤੇ ਆਹਮੋ-ਸਾਹਮਣੇ ਆ ਗਏ ਹਨ। ਇਹ ਦੋਵੇਂ ਮੁੱਖ ਮੰਤਰੀ ਇੱਕ ਦੂਸਰੇ ’ਤੇ ਸਿਆਸੀ ਨਿਸ਼ਾਨਾ ਲਗਾ ਕੇ ਕਿਸਾਨੀ ਲਈ ਹੇਜ ਜ਼ਾਹਿਰ ਕਰ ਰਹੇ ਹਨ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਿੱਲੀ ਜਾ ਰਹੇ ਕਿਸਾਨਾਂ ਦੇ ਰਾਹ ਜਬਰੀ ਰੋਕੇ ਜਾਣ ’ਤੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਕਿਸਾਨਾਂ ਨੂੰ ਕੌਮੀ ਮਾਰਗ ਰਾਹੀਂ ਲੰਘਣ ਦੀ ਇਜਾਜ਼ਤ ਦੇਣ। ਉਨ੍ਹਾਂ ਕਿਹਾ ਕਿ ਇਸ ਵੇਲੇ ਅੰਨਦਾਤੇ ਦੀ ਬਾਂਹ ਫੜਨ ਦੀ ਲੋੜ ਹੈ ਨਾ ਕਿ ਉਨ੍ਹਾਂ ਖ਼ਿਲਾਫ਼ ਤਾਕਤ ਦੀ ਵਰਤੋਂ ਕਰਨ ਦੀ। ਮੁੱਖ ਮੰਤਰੀ ਨੇ ਸੰਵਿਧਾਨਕ ਦਿਵਸ ਮੌਕੇ ਕੀਤੀ ਇਸ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਰੋਸ ਪ੍ਰਗਟਾਉਣ ਦੇ ਸੰਵਿਧਾਨਕ ਹੱਕ ਨੂੰ ਦਬਾਇਆ ਜਾ ਰਿਹਾ ਹੈ। ਹਰਿਆਣਾ ਪੁਲੀਸ ਨੇ ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਜਲ-ਤੋਪਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਅਤੇ ਬਹੁਤ ਥਾਵਾਂ ’ਤੇ ਹਰਿਆਣਾ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡਾਂ ਤੋਂ ਬਾਹਰ ਨਿਕਲਣ ਦੀ ਆਗਿਆ ਨਹੀਂ ਦਿੱਤੀ ਗਈ।
ਅਮਰਿੰਦਰ ਸਿੰਘ ਨੇ ਕਿਹਾ ਕਿ ਹਿੰਸਾ ਦੀ ਕੋਈ ਜ਼ਰੂਰਤ ਨਹੀਂ ਸੀ। ਪੰਜਾਬ ’ਚ ਕਿਸਾਨ ਦੋ ਮਹੀਨੇ ਤੋਂ ਸ਼ਾਂਤਮਈ ਅੰਦੋਲਨ ਕਰ ਰਹੇ ਹਨ ਜਿਸ ਕਾਰਨ ਪੰਜਾਬ ਨੂੰ ਭਾਰੀ ਆਰਥਿਕ ਘਾਟਾ ਝੱਲਣਾ ਪਿਆ ਹੈ ਪਰ ਪੰਜਾਬ ਵਿੱਚ ਕੋਈ ਹਿੰਸਾ ਤੇ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਨਹੀਂ ਹੋਈ। ਉਨ੍ਹਾਂ ਸਵਾਲ ਕੀਤਾ, ‘ਹਰਿਆਣਾ ਸਰਕਾਰ ਤਾਕਤ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਕਿਉਂ ਉਕਸਾ ਰਹੀ ਹੈ? ਕੀ ਜਨਤਕ ਮਾਰਗ ਤੋਂ ਸ਼ਾਂਤਮਈ ਤਰੀਕੇ ਨਾਲ ਲੰਘਣ ਦਾ ਕਿਸਾਨਾਂ ਨੂੰ ਕੋਈ ਹੱਕ ਨਹੀਂ ਹੈ?’ ਮੁੱਖ ਮੰਤਰੀ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਕਿਸਾਨਾਂ ਵਿਰੁੱਧ ਅਜਿਹੇ ਧੱਕੇਸ਼ਾਹੀ ਵਾਲੇ ਹੱਥਕੰਡੇ ਨਾ ਵਰਤਣ ਲਈ ਆਪੋ-ਆਪਣੀਆਂ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਅਮਰਿੰਦਰ ਸਿੰਘ ਨੇ ਇਸੇ ਦੌਰਾਨ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੱਚਮੁੱਚ ਹੀ ਕਿਸਾਨਾਂ ਦੀ ਚਿੰਤਾ ਹੈ ਤਾਂ ਦੋਗਲਾਪਣ ਦਿਖਾਉਣ ਦੀ ਥਾਂ ਉਹ ਕਿਸਾਨਾਂ ਨਾਲ ਡਟ ਕੇ ਖੜ੍ਹਨ।